ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੁਆਰਾ ਚਲਾਏ ਜਾ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਪ੍ਰੋਜੈਕਟ ਅਧੀਨ ਚੁਣੇ ਹੋਏ ਪਿੰਡ ਰਾਮਸਰਾ ਅਤੇ ਨਜਦੀਕੀ ਪਿੰਡਾਂ ਰਾਮਾਂ, ਬਾਘਾ ਆਦਿ ਵਿੱਚ ਪਰਾਲੀ ਪ੍ਰਬੰਧਨ ਲਈ ਵੱਖ ਵੱਖ ਮਸ਼ੀਨਾਂ ਦੀ ਵਰਤੋਂ ਕਰਕੇ ਪ੍ਰਦਰਸ਼ਨੀ ਪਲਾਂਟ ਬਿਜਾਏ ਗਏ ਸਨ। ਇਹਨਾਂ ਖੇਤਾਂ ਵਿੱਚ ਕਣਕ ਦੀ ਫਸਲ ਬਹੁਤ ਵਧੀਆ ਖੜ੍ਹੀ ਹੈ। ਇਹਨਾਂ ਪ੍ਰਦਰਸ਼ਨੀਆਂ ਨੂੰ ਦੇਖਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਤੋਂ ਉਚੇਚੇ ਤੌਰ ਪਹੁੰਚੇ ਡਾ. ਤਰਸੇਮ ਸਿੰਘ ਢਿੱਲੋਂ, ਅਪਰ ਨਿਰਦੇਸ਼ਕ ਪਸਾਰ ਸਿੱਖਿਆ ਨੇ ਕਿਸਾਨਾਂ ਦੇ ਮੁਖਾਤਿਬ ਹੁੰਦੇ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵੱਲੋਂ ਵੱਖ ਵੱਖ ਮਸ਼ੀਨਰੀ ਹੈਪੀ ਸੀਡਰ, ਸੁਪਰ ਸੀਡਰ ਅਤੇ ਮਲਚਰ ਆਦਿ ਦੀ ਵਰਤੋਂ ਨਾਲ ਕਣਕ ਦੀ ਬਿਜਾਈ ਕਰਵਾਈ ਗਈ ਸੀ ਜੋ ਕਿ ਸਫਲਤਾਪੂਰਵਕ ਰਹੀ। ਉਹਨਾਂ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੇ ਸੀਜਨ ਵਿੱਚ ਇਹਨਾਂ ਪ੍ਰਦਰਸ਼ਨੀਆਂ ਤੋਂ ਸੇਧ ਲੈ ਕੇ ਵੱਧ ਤੋਂ ਵੱਧ ਪਰਾਲੀ ਪ੍ਰਬੰਧਨ ਕਰਨ ਤਾਂ ਜੋ ਜਮੀਨ ਅਤੇ ਵਾਤਾਵਰਣ ਨੂੰ ਬਚਾਇਆ ਜਾ ਸਕੇ। ਇਸ ਮੌਕੇ ਡਾ. ਢਿੱਲੋਂ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਹੋਰ ਖੇਤਾਂ ਦਾ ਵੀ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਜਮੀਨੀ ਪੱਧਰ ‘ਤੇ ਚੱਲ ਰਹੇ ਪਰਾਲੀ ਪ੍ਰਬੰਧਨ ਦੇ ਕੰਮਾਂ ਦੀ ਸਮੀਖਿਆ ਕੀਤੀ ਅਤੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।
ਇਸ ਮੌਕੇ ਉਹਨਾਂ ਨਾਲ ਡਾ. ਜਸਬੀਰ ਸਿੰਘ ਗਿੱਲ ਵੀ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ, ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਮਨੁੱਖੀ ਸਿਹਤ ‘ਤੇ ਵੀ ਮਾੜਾ ਅਸਰ ਪੈਂਦਾ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਵਿਕਸਿਤ ਖੇਤੀ ਮਸ਼ੀਨਰੀ ਦੀ ਮਦਦ ਨਾਲ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲ ਕੇ ਬਿਨਾਂ ਸਾੜੇ ਅਗਲੀ ਫਸਲ ਦੀ ਬਿਜਾਈ ਕੀਤੀ ਜਾ ਸਕਦੀ ਹੈ, ਜਿਸ ਨਾਲ ਮਿੱਟੀ ਦੀ ਨਮੀ ਬਰਕਰਾਰ ਰਹਿੰਦੀ ਹੈ ਅਤੇ ਖਰਚੇ ਵੀ ਘਟਦੇ ਹਨ। ਇਸ ਦੌਰਾਨ ਉਹਨਾਂ ਨੇ ਖੇਤੀ ਮਸ਼ੀਨਰੀ ਸਬੰਧੀ ਕਿਸਾਨਾਂ ਦੇ ਸੰਕਿਆਂ ਦਾ ਨਿਵਾਰਨ ਵੀ ਕੀਤਾ।
ਇਸ ਪ੍ਰਦਰਸ਼ਨੀ ਦੌਰਾਨ ਡਾ. ਗੁਰਦੀਪ ਸਿੰਘ ਸਿੱਧੂ, ਡਿਪਟੀ ਡਾਇਰੈਕਟਰ (ਸਿਖਲਾਈ),ਕੇ.ਵੀ.ਕੇ, ਬਠਿੰਡਾ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਇਸ ਕੇਂਦਰ ਵੱਲੋਂ ਮੁਹੱਈਆ ਕਰਵਾਈ ਜਾਂਦੀ ਖੇਤੀ ਮਸ਼ੀਨਰੀ ਸਬੰਧੀ ਵਿਸਥਾਰਪੂਰਵਕ ਦੱਸਿਆ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਤਾਂ ਜੋ ਪਰਾਲੀ ਪ੍ਰਬੰਧਨ ਦੇ ਕਾਰਜ ਨੂੰ ਵਧਾਇਆ ਜਾ ਸਕੇ। ਉਹਨਾਂ ਦੱਸਿਆ ਕਿ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਦੇ ਵਿਗਿਆਨੀਆਂ ਵੱਲੋਂ ਅਜਿਹੀਆਂ ਪ੍ਰਦਰਸ਼ਨੀਆਂ ਰਾਹੀਂ ਕਿਸਾਨਾਂ ਨੂੰ ਵਾਤਾਵਰਣ ਪੱਖੀ, ਲਾਭਕਾਰੀ ਅਤੇ ਟਿਕਾਊ ਖੇਤੀ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਅਗਾਂਹਵਧੂ ਕਿਸਾਨਾਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ ਅਤੇ ਖੇਤੀ ਮਸ਼ੀਨਰੀ ਦੀ ਕਾਰਗੁਜ਼ਾਰੀ ਨੂੰ ਧਿਆਨ ਨਾਲ ਦੇਖਿਆ ਗਿਆ। ਅੰਤ ਵਿੱਚ ਡਾ. ਤਰਸੇਮ ਸਿੰਘ ਢਿੱਲੋਂ ਅਤੇ ਉਹਨਾਂ ਦੀ ਟੀਮ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵਿੱਚ ਚੱਲ ਰਹੇ ਵੱਖ ਵੱਖ ਪ੍ਰਦਰਸ਼ਨੀ ਯੂਨਿਟਾਂ, ਬੀਜ ਉਤਪਾਦਨ ਯੂਨਿਟ ਅਤੇ ਪੌਲੀ ਹਾਊਸ ਦਾ ਦੌਰਾ ਕੀਤਾ ਗਿਆ ਅਤੇ ਉਹਨਾਂ ਕੇ.ਵੀ.ਕੇ ਦੀ ਕਾਰਗੁਜਾਰੀ ਸਬੰਧੀ ਤਸੱਲੀ ਪ੍ਰਗਟ ਕੀਤੀ।
