Menu

ਪੰਜਾਬ ਖੇਤੀਬਾੜੀ ਯੂਨੀਵਰਸਿਟੀ
PUNJAB AGRICULTURAL UNIVERSITY

Menu

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪਰਾਲੀ ਪ੍ਰਬੰਧਨ ਪ੍ਰਾਜੈਕਟ ਅਧੀਨ ਪਿੰਡ ਕੜੈਲ ਵਿਖੇ ਬਲਾਕ ਪੱਧਰੀ ਕੈਂਪ ਦਾ ਆਯੋਜਨ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ, ਸੰਗਰੂਰ ਵੱਲੋਂ ਪਰਾਲੀ ਪ੍ਰਬੰਧਨ ਪ੍ਰਾਜੈਕਟ 2025-26 ਅਧੀਨ ਡਾ. ਮਨਦੀਪ ਸਿੰਘ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਦੀ ਅਗਵਾਈ ਵਿੱਚ ਪਿੰਡ ਕੜੈਲ, ਬਲਾਕ ਅਨਦਾਨਾ ਵਿਖੇ ਬਲਾਕ ਪੱਧਰੀ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ 70 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ।

ਇਸ ਕੈਂਪ ਮੌਕੇ ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਫਾਰਮ ਮਸ਼ੀਨਰੀ), ਕੇ.ਵੀ.ਕੇ., ਸੰਗਰੂਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸਾਂਭਣ ਦੇ ਫਾਇਦੇ ਦੱਸਦਿਆਂ ਉਹਨਾਂ ਨੂੰ ਪਰਾਲੀ ਨੂੰ ਖੇਤ ਵਿੱਚ ਹੀ ਮਿਲਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਕਿਸਾਨ ਵੀਰ ਪੀਏਯੂ ਵੱਲੋਂ ਸਿਫ਼ਾਰਿਸ਼ ਪਰਾਲੀ ਪ੍ਰਬੰਧਨ ਦੀਆਂ ਵੱਖ-ਵੱਖ ਤਕਨੀਕਾਂ ‘ਚੋਂ ਕੋਈ ਵੀ ਤਕਨੀਕ ਅਪਣਾ ਕੇ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲ ਸਕਦੇ ਹਨ। ਉਨ੍ਹਾਂ ਕਿਸਾਨਾਂ ਨਾਲ ਕਣਕ ਵਿੱਚ ਨਦੀਨ ਪ੍ਰਬੰਧਨ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਉਹਨਾਂ ਕਿਸਾਨਾਂ ਨੂੰ ਕਣਕ ਦੀ ਪਹਿਲੀ ਸਿੰਚਾਈ ਤੋਂ ਪਹਿਲਾਂ ਅਤੇ ਪਹਿਲੀ ਸਿੰਚਾਈ ਤੋਂ ਬਾਅਦ ਵਿੱਚ ਵਰਤੇ ਜਾਣ ਵਾਲੇ ਨਦੀਨ ਨਾਸ਼ਕਾਂ ਬਾਰੇ ਬਹੁਤ ਵਿਸਥਾਰ ਵਿੱਚ ਦੱਸਿਆ। ਇਸ ਤੋਂ ਇਲਾਵਾ ਉਹਨਾਂ ਨੇ ਕਣਕ ਦੀ ਫਸਲ ਵਿੱਚ ਆਉਣ ਵਾਲੇ ਲਘੂ ਤੱਤਾਂ ਦੀ ਘਾਟ ਅਤੇ ਇਹਨਾਂ ਦੀ ਪੂਰਤੀ ਸਬੰਧੀ ਵੀ ਜਾਣਕਾਰੀ ਦਿੱਤੀ।

ਡਾ. ਵਿਤਸਤਾ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਮਹਿਲਾ ਸ਼ਸਕਤੀਕਰਨ ਲਈ ਕੇ.ਵੀ.ਕੇ. ਦੁਆਰਾ ਪ੍ਰਧਾਨ ਕੀਤੀਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵਿਸਥਾਰਪੂਰਬਕ ਜਾਣਕਾਰੀ ਦਿੱਤੀ।

ਡਾ. ਰਵਿਦਰ ਕੌਰ, ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਪੀ.ਏ.ਯੂ., ਲੁਧਿਆਣਾ ਵਲੋਂ ਸਬਜੀਆਂ ਦੀਆਂ ਸੁਧਰੀਆਂ ਕਿਸਮਾਂ ਅਤੇ ਤਕਨੀਕਾਂ ਸਾਂਝੀਆ ਕੀਤੀਆਂ। ਉਹਨਾਂ ਦੱਸਿਆ ਕਿ ਕਿਸਾਨ ਵੀਰ ਝੋਨੇ ਦੀ ਪਰਾਲੀ ਨੂੰ ਸਬਜ਼ੀਆਂ ਅਤੇ ਫਲਾਂ ਦੀ ਕਾਸ਼ਤ ਦੌਰਾਨ ਮਲਚ ਦੇ ਤੌਰ ‘ਤੇ ਵਰਤ ਕੇ ਫਲਾਂ ਅਤੇ ਸਬਜ਼ੀਆਂ ਦੀ ਪੈਦਾਵਾਰ ਦੇ ਨਾਲ ਨਾਲ ਗੁਣਵੱਤਾ ਵਿਚ ਵੀ ਸੁਧਾਰ ਲਿਆ ਸਕਦੇ ਹਨ।

ਇਸ ਮੌਕੇ ਕਿਸਾਨਾਂ ਨੂੰ ਪੀ.ਏ.ਯੂ. ਦਾ ਖੇਤੀ ਸਾਹਿਤ ਅਤੇ ਹਰੀ ਮਿਰਚ ਦੀ ਕਿਸਮ ਸੀ ਐਚ 52 ਦੀ ਪਨੀਰੀ ਵੀ ਵੰਡੀ ਗਈ। ਕਿਸਾਨਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਤਸੱਲੀਬਖਸ਼ ਢੰਗ ਨਾਲ ਦਿੱਤੇ ਗਏ। ਇਸ ਕੈਂਪ ਨੂੰ ਕਾਮਯਾਬ ਕਰਨ ਵਿੱਚ ਸ. ਗੁਰਮੀਤ ਸਿੰਘ ਅਤੇ ਸ. ਜਸਵੰਤ ਸਿੰਘ ਨੇ ਵਿਸ਼ੇਸ ਯੋਗਦਾਨ ਪਾਇਆ।